ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਜਲਦ ਹੀ: ਅਰੁਨਾ ਚੌਧਰੀ

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਅੰਤਮ ਛੋਹਾਂ ਦੇਣ ਦੀ ਹਦਾਇਤ ਕੀਤੀ। ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਸਮਾਂਬੱਧ ਤਰੀਕੇ ਨਾਲ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਲਈ ਸਾਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ ਅਤੇ ਅਗਲੇ ਕੁੱਝ ਮਹੀਨਿਆਂ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਪਵੇਗਾ।

ਕੈਬਨਿਟ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ, ਸਕੱਤਰ ਮਾਲ  ਮਨਵੇਸ਼ ਸਿੰਘ ਸਿੱਧੂ, ਵਿਸ਼ੇਸ਼ ਸਕੱਤਰ  ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਸ੍ਰੀਮਤੀ ਬਬੀਤਾ, ਵਧੀਕ ਸਕੱਤਰ ਕੈਪਟਨ ਕਰਨੈਲ ਸਿੰਘ ਅਤੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਪ੍ਰਾਜੈਕਟ ਮੈਨੇਜਰ  ਸੁਨੀਤਾ ਠਾਕੁਰ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਪਟਵਾਰੀਆਂ ਦੀਆਂ ਹੋਰ ਖ਼ਾਲੀ ਪਈਆਂ ਆਸਾਮੀਆਂ ਨੂੰ ਭਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਅਰੰਭੀ ਜਾਵੇ ਅਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਰੋਕਣ ਲਈ ਪਟਵਾਰੀਆਂ ਦਾ ਦਫ਼ਤਰਾਂ ਵਿੱਚ ਮਿਲਣ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਲਈ ਬਣਾਏ ਗਏ ਵਰਕ ਸਟੇਸ਼ਨਾਂ ਨੂੰ ਪਟਵਾਰੀਆਂ ਦੀ ਮੰਗ ਮੁਤਾਬਕ ਮੁੜ-ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਬਣਾਈਆਂ ਕਮੇਟੀਆਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਲੈ ਕੇ ਅਮਲ ਕੀਤਾ ਜਾਵੇ। ਮੰਤਰੀ ਨੇ ਜ਼ਮੀਨਾਂ ਦੇ ਇੰਤਕਾਲ ਦੇ ਮਾਮਲੇ ਵੱਡੀ ਪੱਧਰ ‘ਤੇ ਲੰਬਤ ਪਏ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਉਚੇਚੇ ਤੌਰ ‘ਤੇ ਕਿਹਾ ਕਿ ਕੰਪਿਊਟਰ ਤਕਨੀਕ ਦੀ ਵਰਤੋਂ ਕਰਦਿਆਂ ਆਟੋਮੇਟਿਡ ਮਿਊਟੇਸ਼ਨ ਐਂਟਰੀ ਪ੍ਰਣਾਲੀ ਵਿਕਸਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ ਤਾਂ ਜੋ ਦਸਤੀ ਜ਼ਮੀਨੀ ਇੰਤਕਾਲ ਕਰਨ ਦੇ ਕੰਮ ਦੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਲੰਬਤ ਮਾਮਲਿਆਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੰਪਿਊਟਰੀਕਰਨ ਦੀ ਦਿਸ਼ਾ ਵਿੱਚ ਅੱਗੇ ਵਧਦਿਆਂ ਫ਼ੀਲਡ ਸਟਾਫ਼ ਨੂੰ ਹੇਠਲੇ ਪੱਧਰ ਤੱਕ ਕੰਪਿਊਟਰ ਮੁਹੱਈਆ ਕਰਾਉਣ ਲਈ ਚਾਰਾਜੋਈ ਕੀਤੀ ਜਾਵੇ।

Haryana to hold high-level meeting on farmers' protest at Delhi borders

ਸੂਬਾ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਇਮਦਾਦ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਅਰੁਨਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਛੇਤੀ ਹੀ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਲਈ ਵਿੱਤੀ ਇਮਦਾਦ ਮੁਹੱਈਆ ਕਰਾਉਣ ਅਤੇ ਸਰਕਾਰੀ ਨੌਕਰੀ ਦੇਣ ਦੇ ਮਾਮਲਿਆਂ ਨੂੰ ਤੁਰੰਤ ਤਸਦੀਕ ਕਰਵਾ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਲੰਬਤ ਮਾਮਲਿਆਂ ਵੱਲ ਉਚੇਚਾ ਧਿਆਨ ਦੇ ਕੇ ਇਨ੍ਹਾਂ ਦਾ ਨਿਬੇੜਾ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕੁਦਰਤੀ ਆਫ਼ਤ ਦੇ ਸਨਮੁੱਖ ਫ਼ਸਲਾਂ ਖ਼ਰਾਬ ਹੋਣ ਦੀਆਂ ਜ਼ਿਲ੍ਹਾ ਪੱਧਰ ‘ਤੇ ਦੇਰੀ ਨਾਲ ਆਉਂਦੀਆਂ ਰਿਪੋਰਟਾਂ ਲਈ ਵਿੱਤ ਕਮਿਸ਼ਨਰ ਮਾਲ ਨੂੰ ੳਚੇਚੇ ਤੌਰ ‘ਤੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਕਿਸੇ ਅਣਸੁਖਾਵੀਂ ਸਥਿਤੀ ਵਿੱਚ ਖ਼ਰਾਬੇ ਦੀਆਂ ਰਿਪੋਰਟਾਂ ਸਮਾਂਬੱਧ ਢੰਗ ਨਾਲ ਭੇਜਣਾ ਯਕੀਨੀ ਬਣਾਉਣ ਲਈ ਕਿਹਾ ਜਾਵੇ।

-PTC News